ਜਲੰਧਰ (ਮਹੇਸ਼) : ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪਾਰਟੀ ਨੇ ਜਲੰਧਰ ਪੱਛਮੀ ਦੀ ਵਿਧਾਨ ਸਭਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮੂਹ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਜਲੰਧਰ ਦੇ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਹੀ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਆਮ ਲੋਕਾਂ ਲਈ ਲੜਦੀ ਰਹੀ ਹੈ ਅਤੇ ਇਸ ਜ਼ਿਮਨੀ ਚੋਣ ਵਿੱਚ ਵੀ ਉਹ ਸਾਰੇ ਵੋਟਰਾਂ ਦੀ ਭਲਾਈ ਦਾ ਏਜੰਡਾ ਲੋਕਾਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀਆਂ ਲਗਾਤਾਰ ਸਰਕਾਰਾਂ ਰਹੀਆਂ ਹਨ। ਪੰਜਾਬ ਵਿੱਚ ਲੋਕਾਂ ਨੇ ਬਦਲ ਵਜੋਂ ‘ਆਪ’ ਦੀ ਸਰਕਾਰ ਬਣਾਈ ਸੀ ਪਰ ਇਹ ਸਾਰੀਆਂ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀਆਂ। ਇਸ ਲਈ ਅਜਿਹੀ ਸਥਿਤੀ ਵਿੱਚ ਬਸਪਾ ਲੋਕਾਂ ਕੋਲ ਇਨ੍ਹਾਂ ਪਾਰਟੀਆਂ ਦਾ ਚੰਗਾ ਬਦਲ ਹੈ। ਬਸਪਾ ਲਗਾਤਾਰ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਚੋਣਾਂ ਜਿੱਤ ਕੇ ਲੋਕਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰ ਸਕਦੀ ਹੈ।