16 APRIL 2024: ਜਲੰਧਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਬਰਖਾਸਤ ਐੱਸ.ਐੱਚ.ਓ. ਨਵਦੀਪ ਸਿੰਘ ਦੇ ਪਿਤਾ ਦਾ ਅੱਜ ਦਿਹਾਂਤ ਹੋ ਗਿਆ। ਨਵਦੀਪ ਨੇ ਆਪਣੇ ਪਿਤਾ ਦੀ ਮੌਤ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਨਵਦੀਪ ਦਾ ਕਹਿਣਾ ਹੈ ਕਿ ਪੁਲਿਸ ਵਿਭਾਗ ਵੱਲੋਂ ਉਸਦੇ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਉਸਦਾ ਪਿਤਾ ਡਿਪਰੈਸ਼ਨ ਵਿੱਚ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਬਿਨਾਂ ਜਾਂਚ ਕੀਤੇ ਉਸ ਵਿਰੁੱਧ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਹੀ ਉਹ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਨਗੇ। ਨਵਦੀਪ ਨੇ ਕਿਹਾ ਕਿ ਜਦੋਂ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਾਲੀ ਪੁਲਿਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ।
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਲਈ ਐੱਸ.ਐੱਚ.ਓ. ਨਵਦੀਪ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਇੰਨਾ ਹੀ ਨਹੀਂ ਇਸ ਮਾਮਲੇ ‘ਚ ਐੱਸ.ਐੱਚ.ਓ. ਨਵਦੀਪ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ।