ਫ਼ਿਰੋਜ਼ਪੁਰ ਨੇੜੇ ਭੜਾਣਾ ਰਾਜਸਥਾਨ ਫੀਡਰ ਨਹਿਰ ਵਿੱਚ ਇੱਕ ਵਿਅਕਤੀ ਦੀ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਉਰਫ਼ ਹੀਰਾ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੱਖੂ ਇੱਕ ਇੰਡੀਕਾ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਉਸ ਦੀ ਕਾਰ ਨਹਿਰ ਵਿੱਚ ਡਿੱਗੀ ਹੋਈ ਮਿਲੀ।
ਇਸ ਸਬੰਧੀ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਨਿਸ਼ਾਨ ਸਿੰਘ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।