ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਗਿੱਲ ਮਾਰਕੀਟ ‘ਚ ਸਕਰੈਪ ਦੇ ਗੋਦਾਮ ‘ਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪਰ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ।
ਘਟਨਾ ਸਵੇਰੇ 7 ਵਜੇ ਦੇ ਕਰੀਬ ਦੀ ਦੱਸੀ ਜਾਂਦੀ ਹੈ, ਜਿੱਥੇ ਐਚਡੀਐਫਸੀ ਬੈਂਕ ਦੀ ਗਲੀ ‘ਤੇ ਇੱਕ ਸਕਰੈਪ ਦੇ ਗੋਦਾਮ ਵਿੱਚ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਗੋਦਾਮ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕੁਝ ਹੀ ਸਮੇਂ ‘ਚ ਅੱਗ ਨੇ ਹੋਰ ਭਿਆਨਕ ਰੂਪ ਧਾਰਨ ਕਰ ਲਿਆ।
ਦੂਜੇ ਪਾਸੇ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।