ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਾਵੜ ਯਾਤਰਾ ਰੂਟ ‘ਤੇ ਸਥਿਤ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਮ ਪ੍ਰਦਰਸ਼ਿਤ ਕਰਨ ਲਈ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਦੇ ਨਿਰਦੇਸ਼ਾਂ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਇਨ੍ਹਾਂ ਹਦਾਇਤਾਂ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਦੇ ਉਸ ਹੁਕਮ ਦੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕੰਵਰ ਯਾਤਰਾ ਰੂਟ ‘ਤੇ ਸਥਿਤ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਉਨ੍ਹਾਂ ਦੇ ਮਾਲਕਾਂ ਦੇ ਨਾਮ ਪ੍ਰਦਰਸ਼ਿਤ ਕਰਨੇ ਪੈਣਗੇ। ਮੋਇਤਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸ.ਵੀ.ਐੱਨ. ਭੱਟੀ ਦੀ ਬੈਂਚ ਨੂੰ ਦੱਸਿਆ ਕਿ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ “ਅਸਿੱਧੇ” ਹੁਕਮ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਬੈਂਚ ਨੇ ਸਿੰਘਵੀ ਨੂੰ ਪੁੱਛਿਆ ਕਿ ਕੀ ਉੱਤਰ ਪ੍ਰਦੇਸ਼, ਉੱਤਰਾਖੰਡ ਨੇ ਰੈਸਟੋਰੈਂਟ ਮਾਲਕਾਂ ਦੇ ਨਾਂ ਦਿਖਾਉਣ ਬਾਰੇ ਕੋਈ ਰਸਮੀ ਹੁਕਮ ਦਿੱਤਾ ਹੈ। ਬੈਂਚ ਨੇ ਪੁੱਛਿਆ ਕਿ ਕੀ ਰਾਜ ਸਰਕਾਰਾਂ ਨੇ ਕੋਈ ਰਸਮੀ ਹੁਕਮ ਪਾਸ ਕੀਤਾ ਹੈ, ਸਿੰਘਵੀ ਨੇ ਕਿਹਾ ਕਿ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦਾ ਹੁਕਮ ਸੰਵਿਧਾਨ ਦੇ ਵਿਰੁੱਧ ਹੈ। ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।
ਆਪਣੀ ਪਟੀਸ਼ਨ ਵਿੱਚ, ਮੋਇਤਰਾ ਨੇ ਦੋਵਾਂ ਰਾਜ ਸਰਕਾਰਾਂ ਦੁਆਰਾ ਜਾਰੀ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਹਦਾਇਤਾਂ ਭਾਈਚਾਰਿਆਂ ਦਰਮਿਆਨ ਮਤਭੇਦ ਨੂੰ ਵਧਾਵਾ ਦਿੰਦੀਆਂ ਹਨ। ਦੋਸ਼ ਲਾਇਆ ਗਿਆ ਹੈ ਕਿ ਸਬੰਧਤ ਹੁਕਮ ਮੁਸਲਿਮ ਦੁਕਾਨਦਾਰਾਂ ਅਤੇ ਕਾਰੀਗਰਾਂ ਦਾ ਆਰਥਿਕ ਬਾਈਕਾਟ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ।